Monday, December 26, 2011

‘ਨਸ਼ਾ ਮੁਕਤ ਪੰਜਾਬ’ ਮੁਹਿੰਮ ਛੇੜੀ ਜਾਵੇਗੀ:ਫੂਲਕਾ

ਬਠਿੰਡਾ, December - 26 - 2011(Tehelkanews)

ਐਡਵੋਕੇਟ ਐਚ.ਐਸ. ਫੂਲਕਾ ਨੇ ਅੱਜ ਇਥੇ ਪ੍ਰੈੱਸ ਕਾਨਫਰੰਸ ਦੌਰਾਨ ਨੇਤਾਵਾਂ ਨੂੰ ਅਪੀਲ ਕੀਤੀ ਕਿ ਪੰਜਾਬ ਵਿੱਚ ਚੋਣਾਂ ਦੌਰਾਨ ਵੋਟਾਂ ਖਾਤਰ ਕਿਸੇ ਵੀ ਕਿਸਮ ਦਾ ਨਸ਼ਾ ਨਾ ਵੰਡਿਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਪਾਰਟੀ ਦੀ ਉਮੀਦਵਾਰ ਜਾਂ ਵਰਕਰ ਨਸ਼ੇ ਵੰਡਦਾ ਫੜਿਆ ਗਿਆ ਤਾਂ ਉਸ ਵਿਰੁੱਧ ਚੋਣ ਕਮਿਸ਼ਨ ਕੋਲ ਸ਼ਿਕਾਇਤ ਕੀਤੀ ਜਾਵੇਗੀ। 'ਨਸ਼ਾ ਮੁਕਤ ਪੰਜਾਬ' ਮੁਹਿੰਮ ਦੇ ਕਨਵੀਨਰ ਐਚ.ਐਸ.ਫੂਲਕਾ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਵਿੱਚ ਨਸ਼ੇ ਵੰਡ ਕੇ ਭਰਮਾਉਣ ਵਾਲੇ ਨੇਤਾਵਾਂ ਖ਼ਿਲਾਫ਼ 'ਨਸ਼ਾ ਮੁਕਤ ਪੰਜਾਬ' ਮੁਹਿੰਮ ਛੇੜੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ 'ਨਸ਼ਾ ਮੁਕਤ ਪੰਜਾਬ' ਮੁਹਿੰਮ ਦਾ ਮੁੱਖ ਦਫਤਰ ਦਿੱਲੀ ਵਿਖੇ ਹੋਵੇਗਾ ਤੇ ਇਸ ਮੁਹਿੰਮ ਦੀ ਰਹਿਨੁਮਾਈ ਸੀਨੀਅਰ ਪੱਤਰਕਾਰ ਕੁਲਦੀਪ ਨਈਅਰ, ਜਸਟਿਸ ਕੁਲਦੀਪ ਸਿੰਘ ਸਾਬਕਾ ਜੱਜ ਸੁਪਰੀਮ ਕੋਰਟ ਅਤੇ ਦਿੱਲੀ ਹਾਈਕੋਰਟ ਦੇ ਸਾਬਕਾ ਜੱਜ ਰਾਜਿੰਦਰ ਸੱਚਰ ਕਰਨਗੇ। ਉਨ੍ਹਾਂ ਦੱਸਿਆ ਕਿ ਚੰਡੀਗੜ੍ਹ ਤੋਂ ਇਸ ਮੁਹਿੰਮ ਨੂੰ ਐਡਵੋਕੇਟ ਨਵਕਿਰਨ ਸਿੰਘ ਚਲਾਉਣਗੇ। ਉਨ੍ਹਾਂ ਕਿਹਾ ਕਿ ਮੁਹਿੰਮ ਨੂੰ ਚਲਾਉਣ ਲਈ ਜ਼ਿਲ੍ਹਿਆਂ ਵਿੱਚ ਕਮੇਟੀਆਂ ਗਠਿਤ ਕੀਤੀਆਂ ਜਾਣਗੀਆਂ, ਜੋ ਨਸ਼ਾ ਵੰਡਣ ਵਾਲੀ ਪਾਰਟੀ ਦਾ ਪਤਾ ਲੱਗਣ 'ਤੇ ਇਸ ਸਬੰਧੀ ਚੋਣ ਕਮਿਸ਼ਨ ਨੂੰ ਸ਼ਿਕਾਇਤ ਕਰਨਗੀਆਂ।

ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਨਸ਼ੇ ਵੰਡਣ ਸਬੰਧੀ ਸੂਚਨਾ ਮਿਲਦੀ ਹੈ ਤਾਂ ਉਹ ਜ਼ਿਲ੍ਹਾ ਕਮੇਟੀ ਨੂੰ ਸੂਚਿਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਉਹ ਇਸ ਸਬੰਧੀ ਮੁੱਖ ਚੋਣ ਕਮਿਸ਼ਨਰ ਤੇ ਪੰਜਾਬ ਦੀ ਮੁੱਖ ਚੋਣ ਅਧਿਕਾਰੀ ਕੁਸਮਜੀਤ ਸਿੱਧੂ ਨਾਲ ਗੱਲਬਾਤ ਕਰਨਗੇ। ਉਨ੍ਹਾਂ ਕਿਹਾ ਕਿ ਉਹ ਪਾਰਟੀਆਂ ਦੇ ਸੀਨੀਅਰ ਨੇਤਾਵਾਂ ਨੂੰ ਵੀ ਅਪੀਲ ਕਰਨਗੇ ਕਿ ਉਹ ਆਪਣੇ ਪਾਰਟੀ ਵਰਕਰਾਂ ਨੂੰ ਇਨ੍ਹਾਂ ਚੋਣਾਂ ਵਿੱਚ ਨਸ਼ੇ ਨਾ ਵੰਡਣ ਦੀ ਹਦਾਇਤ ਕਰਨ।


News From: http://www.7StarNews.com

No comments:

 
eXTReMe Tracker